.ਬਿਜਲੀ ਲਾਈਨਾਂ ਦੇ ਟਾਵਰਾਂ ਵਿਚਲੀ ਜਗ੍ਹਾ ਦੀ ਪਹਿਲਾਂ ਮਿਲਦੀ ਸੀ ਪ੍ਰਤੀ ਏਕੜ ਕੀਮਤ ਦਾ 85 ਫੀਸਦੀ ਮੁਆਵਜਾ…
ਚੰਡੀਗੜ੍ਹ 6 ਜਨਵਰੀ ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਵਿੱਚ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਵਿਚੋਂ ਵੱਡੀਆਂ ਤਾਰਾਂ ਲੰਘਣਗੀਆਂ, ਉਨ੍ਹਾਂ ਦੇ ਬਦਲੇ ਵਿਚ ਵੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਖੇਤਾਂ ਵਿਚ ਬਿਜਲੀ ਦੇ ਟਾਵਰ ਲਾਏ ਜਾਣ ਉਤੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿਚ ਤਕਰੀਬਨ ਸੌ ਗੁਣਾ ਵਾਧਾ ਕਰ ਦਿੱਤਾ ਹੈ। ਨਵਾਂ ਮੁਆਵਜ਼ਾ ਫਾਰਮੂਲਾ ਭਵਿੱਖ ਵਿਚ ਨਵੀਆਂ ਕੱਢੀਆਂ ਜਾਣ ਵਾਲੀਆਂ 66 ਕੇਵੀ, 132ਕੇਵੀ, 220 ਕੇਵੀ ਅਤੇ 400 ਕੇਵੀ ਲਾਈਨਾਂ ਉਤੇ ਲਾਗੂ ਹੋਵੇਗਾ। ਬਿਜਲੀ ਵਿਭਾਗ ਨੇ 3 ਫਰਵਰੀ ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਕਿਸਾਨੀ ਮੁਆਵਜ਼ੇ ਵਿਚ ਵਾਧੇ ਲਈ ਪ੍ਰਵਾਨਗੀ ਦਿੱਤੀ ਸੀ। ਇਸ ਫੈਸਲੇ ਨਾਲ ਕਿਸਾਨਾਂ ਨੂੰ ਤਕਰੀਬਨ 125 ਕਰੋੜ ਰੁਪਏ ਸਾਲਾਨਾ ਮੁਆਵਜ਼ੇ ਵਜੋਂ ਮਿਲਣਗੇ। ਹੁਣ ਜ਼ਮੀਨ ਦੀ ਕੀਮਤ ਦਾ 200 ਫ਼ੀਸਦੀ ਮਿਲੇਗਾ ਅਤੇ ਬਿਜਲੀ ਲਾਈਨਾਂ ਵਾਲੇ ਟਾਵਰ ਦੇ ਚਾਰ ਚੁਫੇਰੇ ਇਕ-ਇਕ ਮੀਟਰ ਜਗ੍ਹਾ ਦਾ ਵੀ ਮੁਆਵਜ਼ਾ ਮਿਲੇਗਾ। ਇਸ ਤੋਂ ਇਲਾਵਾ ਜੇਕਰ ਵੱਡੀ ਬਿਜਲੀ ਲਾਈਨ ਖੇਤਾਂ ਵਿਚੋਂ ਲੰਘੇਗੀ ਤਾਂ ਉਨ੍ਹਾਂ ਦੀਆਂ ਤਾਰਾਂ ਹੇਠਲੇ ਰਕਬੇ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਮਿਲੇਗਾ। ਪਹਿਲਾਂ ਇਹ ਮੁਆਵਜ਼ਾ ਨਹੀਂ ਮਿਲਦਾ ਸੀ। ਨਵੇਂ ਫ਼ਾਰਮੂਲੇ ਅਨੁਸਾਰ ਹੁਣ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਮਿਲੇਗਾ।ਇਸ ਤੋਂ ਪਹਿਲਾਂ ਖੇਤਾਂ ਵਿਚ ਬਿਜਲੀ ਲਾਈਨਾਂ ਦੇ ਟਾਵਰਾਂ ਵਿਚਲੀ ਜਗ੍ਹਾ ਦੀ ਕੀਮਤ ਹੀ ਮਿਲਦੀ ਸੀ ਜੋ ਕਿ ਜ਼ਮੀਨ ਦੀ ਪ੍ਰਤੀ ਏਕੜ ਕੀਮਤ ਦਾ 85 ਫ਼ੀਸਦੀ ਹੁੰਦੀ ਸੀ।


