ਚੰਡੀਗੜ੍ਹ 19 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ‘ਚ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਭਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਪੂਰੇ ਯਤਨ ਕਰ ਰਹੀ ਹੈ। ਇਸੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ।..ਖਾਸ ਗੱਲ ਇਹ ਹੈ ਕਿ ਬੀਤੇ ਦਿਨੀਂ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ। ਮੁਅੱਤਲੀ ਤੋਂ ਪਹਿਲਾਂ ਉਨ੍ਹਾਂ ਨੂੰ ਉਸਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਮਾਨ ਸਰਕਾਰ ਨੇ ਕਾਰਵਾਈ ਕਰਦਿਆਂ ਵਿਜੀਲੈਂਸ ਮੁਖੀ ਨੂੰ ਵੀ ਬਦਲ ਦਿੱਤਾ ਹੈ। ਵਰਿੰਦਰ ਕੁਮਾਰ ਨੂੰ ਹਟਾ ਦਿੱਤਾ ਗਿਆ ਹੈ ਅਤੇ ਨਾਗੇਸ਼ਵਰ ਰਾਓ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਜੇਸ਼ ਤ੍ਰਿਪਾਠੀ ਸ਼ਾਇਦ ਪੰਜਾਬ ਦੇ ਪਹਿਲੇ ਡੀਸੀ ਹਨ। ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਕੀਤਾ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਡੀ.ਕੇ. ਤਿਵਾੜੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਦੋ ਦਿਨ ਪਹਿਲਾਂ, ਮੁਕਸਰ ਦੇ ਡੀਸੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਜਿਨ੍ਹਾਂ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਾਵੇਂ ਉਹ ਕੋਈ ਵੀ ਅਧਿਕਾਰੀ ਹੋਵੇ ਜਾਂ ਕਾਂਸਟੇਬਲ, ਗਲਤ ਕੰਮ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿੱਚ ਇੱਕ ਅਧਿਕਾਰੀ ਨੇ ਕੁਝ ਗਲਤ ਕੀਤਾ ਅਤੇ ਉਸ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ‘ਚ ਸ਼ਾਮਲ 52 ਪੁਲਿਸ ਮੁਲਾਜ਼ਮ ਕੀਤੇ ਬਰਖ਼ਾਸਤ…


