ਨਸ਼ਾ ਵੇਚਣ ਵਾਲੀਆਂ ਝੁੱਗੀਆਂ ਨੂੰ ਢਾਹ ਕੇ ਨਸ਼ਾ ਖੋਰਾਂ ਖਿਲਾਫ ਕੀਤੀ ਸਖਤ ਕਾਰਵਾਈ

ਸ੍ਰੀ ਅਨੰਦਪੁਰ ਸਾਹਿਬ, 5 ਮਈ (ਦਵਿੰਦਰਪਾਲ ਸਿੰਘ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਜਾਇਜ਼ ਤੌਰ ਤੇ ਸ਼ਰਾਬ, ਗਾਂਜਾ ਅਤੇ ਚਿੱਟੇ ਵਰਗੇ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਦੀਆਂ ਝੁੱਗੀਆਂ ਨੂੰ ਢਾਹ ਢੇਰੀ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਨਗਰ ਕੌਂਸਲ ਦੀ ਸਮੁੱਚੀ ਟੀਮ, ਪੁਲਿਸ ਪ੍ਰਸ਼ਾਸਨ ਵੱਲੋਂ ਥਾਣਾ ਮੁਖੀ ਦਾਨਿਸ਼ਵੀਰ ਸਿੰਘ ਅਤੇ ਪੁਲਿਸ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਵਾਰਡ ਨੰਬਰ-12 ਲੋਧੀਪੁਰ ਅਤੇ ਚਰਨ ਗੰਗਾ ਪੁਲ ਤੋਂ ਪਾਰ ਪਈਆਂ ਝੁਗੀਆਂ ਜਿਨਾਂ ਵਿੱਚ ਨਸ਼ਾ ਵੇਚਣ ਦੀਆਂ ਅਕਸਰ ਸ਼ਿਕਾਇਤਾਂ ਮਿਲਦੀਆਂ ਸਨ ਤੇ ਸਖਤ ਕਾਰਵਾਈ ਕਰਦਿਆਂ ਉਹਨਾਂ ਦੀਆਂ ਝੁੱਗੀਆਂ ਨੂੰ ਢਾਹ ਦਿੱਤਾ ਗਿਆ। ਇਸ ਸਮੁੱਚੀ ਕਾਰਵਾਈ ਦੌਰਾਨ ਇੰਸਪੈਕਟਰ ਦਾਨਿਸ਼ਵੀਰ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਖੁਦ ਆਪੋ ਆਪਣੀਆਂ ਟੀਮਾਂ ਨਾਲ ਮੌਕੇ ਤੇ ਮੌਜੂਦ ਰਹੇ। ਇਸ ਮੌਕੇ ਕੌਂਸਲ ਪ੍ਰਧਾਨ ਜੀਤਾ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸੇ ਵੀ ਕੀਮਤ ਤੇ ਨਸ਼ਾ ਵੇਚਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਹਨਾਂ ਦੱਸਿਆ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਇਸ ਸਬੰਧੀ ਸਖਤ ਨਿਰਦੇਸ਼ ਹਨ ਤੇ ਉਹਨਾਂ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਸਾਂਝੇ ਤੌਰ ਤੇ ਇਹ ਕਾਰਵਾਈ ਕੀਤੀ ਗਈ।


