
ਚੰਡੀਗੜ੍ਹ 3 ਅਕਤੂਬਰ (ਮੰਗਤ ਸਿੰਘ ਸੈਦਪੁਰ) : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਇਕੱਠਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਜੋ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਧਰਮ ਨਿਰਪੱਖਤਾ ਦੀ ਵਿਰਾਸਤ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਲਾਸਾਨੀ ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨਾ ਅਤੇ ਸਾਰੇ ਭਾਈਚਾਰਿਆਂ ਦੇ ਲੋਕਾਂ ਵਿੱਚ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸਮਾਗਮਾਂ ਦੀ ਰਸਮੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ, ਜਿਸ ਉਪਰੰਤ ਉਸੇ ਸ਼ਾਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਉਪਰੰਤ ਮੁੱਖ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ, ਜਿਸ ਵਿੱਚ ਦੁਨੀਆ ਭਰ ਤੋਂ ਇੱਕ ਕਰੋੜ ਤੋਂ ਵੱਧ ਸੰਗਤ ਦੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 19 ਤੋਂ 30 ਨਵੰਬਰ ਤੱਕ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ ਜਿਸ ਵਿੱਚ ਰੋਜ਼ਾਨਾ 10000 ਸੰਗਤਾਂ ਦੇ ਰਹਿਣ ਦਾ ਇੰਤਜ਼ਾਮ ਹੈ। ਇੱਥੇ ਹੋਣ ਵਾਲੇ ਸਮਾਗਮਾਂ ਵਿੱਚ ਅਖੰਡ ਪਾਠ ਸਾਹਿਬ ਅਤੇ ਸਰਬ ਧਰਮ ਸੰਮੇਲਨ, ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਸ਼ਾਮਲ ਹੋਣਗੇ।ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 9ਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਕੌਮੀ ਪੱਧਰ ‘ਤੇ ਸਮਾਗਮ ਕਰਵਾਏ ਜਾ ਰਹੇ ਹਨ, ਜੋ ‘ਹਿੰਦ ਦੀ ਚਾਦਰ’ ਪ੍ਰਤੀ ਡੂੰਘੀ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ, ਧਰਮ ਨਿਰਪੱਖਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਸਬੰਧੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਸਮਾਗਮਾਂ ਦੀ ਲੜੀ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਇਹਨਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚਾਰ ਨਗਰ ਕੀਰਤਨਾਂ ਨਾਲ ਕੀਤੀ ਜਾਵੇਗੀ। ਇਹਨਾਂ ਵਿੱਚੋਂ ਇੱਕ ਨਗਰ ਕੀਰਤਨ 18 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਸ਼ੁਰੂ ਹੋਵੇਗਾ। ਇਸ ਨਗਰ ਕੀਰਤਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ, ਜਦੋਂ ਕਿ ਬਾਕੀ ਤਿੰਨ ਨਗਰ ਕੀਰਤਨ ਮਾਲਵਾ (ਫਰੀਦਕੋਟ ਅਤੇ ਬਠਿੰਡਾ), ਮਾਝਾ ਅਤੇ ਦੋਆਬਾ ਖੇਤਰਾਂ ਤੋਂ ਸ਼ੁਰੂ ਹੋਣਗੇ। ਚਾਰੇ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਹੋਣਗੇ।


