5-8 ਲੱਖ ਰੁਪਏ ਮਹੀਨਾਵਾਰ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲਣ ‘ਤੇ ਕਾਬੂ ਕਰਨ ਲਈ ਵਿਛਾਇਆ ਸੀ ਜਾਲ

ਚੰਡੀਗੜ੍ਹ 16 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸੀਬੀਆਈ ਨੇ ਰੋਪੜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਣ ਦੇ ਮਾਮਲੇ ‘ਚ ਉਸ ਦੇ ਚੰਡੀਗੜ੍ਹ ਸਥਿਤ ਦਫ਼ਤਰ ਉਤੇ ਛਾਪਾ ਮਾਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਸੀਬੀਆਈ ਦੀ ਇੱਕ ਟੀਮ ਨੇ ਅੱਜ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਦਫ਼ਤਰ ‘ਤੇ ਛਾਪਾ ਮਾਰਿਆ। ਰਿਪੋਰਟਾਂ ਅਨੁਸਾਰ, ਸੀਬੀਆਈ ਨੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਜਦੋਂਕਿ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਲਈ ਗਈ ਰਿਸ਼ਵਤ ਦੀ ਸਹੀ ਰਕਮ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਸੀਬੀਆਈ ਨੇ ਇੱਕ ਜਾਲ ਵਿਛਾਉਣ ਤੋਂ ਬਾਅਦ ਡੀਆਈਜੀ ਹਰਚਰਨ ਸਿੰਘ ਨੂੰ ਕਾਬੂ ਕੀਤਾ। ਸੀਬੀਆਈ ਸੂਤਰਾਂ ਅਨੁਸਾਰ, ਡੀਆਈਜੀ 5 ਲੱਖ ਦੀ ਮਹੀਨਾਵਾਰ ਰਿਸ਼ਵਤ ਲੈ ਰਿਹਾ ਸੀ। ਸੀਬੀਆਈ ਨੇ ਇੱਕ ਸ਼ਿਕਾਇਤ ਮਿਲਣ ਤੋਂ ਬਾਅਦ ਇੱਕ ਜਾਲ ਵਿਛਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਸਕ੍ਰੈਪ ਡੀਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀਆਈਜੀ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ ਕਿ ਡੀਆਈਜੀ ਭੁੱਲਰ ਨੂੰ ਹਰਿਆਣੇ ਤੋਂ ਕਾਬੂ ਕੀਤਾ ਗਿਆ ਹੈ। ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਰਿਸ਼ਵਤ ਦੇ ਖਿਲਾਫ ਹੈ ਅਤੇ ਜ਼ੀਰੋ ਟੌਲਰਸ ਤਹਿਤ ‘ਆਪ’ ਸਰਕਾਰ ਦੁਆਰਾ ਕਾਰਵਾਈ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਡਿਪਟੀ ਇੰਸਪੈਕਟਰ ਜਨਰਲ ਹਰਚਰਨ ਸਿੰਘ ਭੁੱਲਰ ਨੂੰ ਭਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਸੀਬੀਆਈ ਟੀਮ ਵੱਲੋਂ ਹਰਚਰਨ ਸਿੰਘ ਭੁੱਲਰ ਦੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਤਾਂ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗੇਗਾ। ਪ੍ਰੰਤੂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡੇ ਪੱਧਰ ‘ਤੇ ਖਾਸ ਕਰਕੇ ਪੁਲਿਸ ਵਿਭਾਗ ਵਿੱਚ ਚਰਚਾ ਦਾ ਵਿਸ਼ਾ ਬਣਨਾ ਸੰਭਵ ਜਾਪਦਾ ਹੈ।
ਸੂਤਰਾਂ ਨੇ ਦੱਸਿਆ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਭੁੱਲਰ ‘ਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ ਹਨ।
ਸੀਬੀਆਈ ਟੀਮ ਨੇ ਡੀਆਈਜੀ ਨੂੰ ਰਿਸ਼ਵਤ ਲੈਂਦੇ ਹੋਏ ਫੜ ਲਿਆ, ਜਿਸ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।


