ਮੋਹਾਲੀ ਅਦਾਲਤ ‘ਚ ਵੀਡੀਓ ਕਾਨਫਰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਨਿਆਇਕ ਰਿਆਸਤ ‘ਚ 1 ਨਵੰਬਰ ਤੱਕ ਕੀਤਾ ਵਾਧਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਅਕਤੂਬਰ (ਮੰਗਤ ਸਿੰਘ ਸੈਦਪੁਰ) : ਬਿਕਰਮ ਮਜੀਠੀਆ ਦੀ ਦੀਵਾਲੀ ਜੇਲ੍ਹ ‘ਚ ਹੀ ਲੰਘੇਗੀ ਕਿਉਂਕਿ ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਹੈ।ਇਸ ਤੋਂ ਪਹਿਲਾਂ ਮਜੀਠੀਆ ਨੇ ਆਪਣੇ ਵਿਰੁੱਧ ਚੱਲ ਰਹੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਜਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖਟਖਟਾਇਆ ਸੀ। ਮਜੀਠੀਆ ਦੀ ਜਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਣੀ ਸੀ। ਪਰ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 29 ਅਕਤੂਬਰ ਤੈਅ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਨਹੀਂ ਮਿਲੀ। ਹੁਣ ਅਗਲੀ ਤਰੀਕ ’ਤੇ ਹੀ ਇਹ ਸਪਸ਼ਟ ਹੋਵੇਗਾ ਕਿ ਉਨ੍ਹਾਂ ਨੂੰ ਜਮਾਨਤ ਮਿਲੇਗੀ ਜਾਂ ਨਹੀਂ। ਬਿਕਰਮ ਮਜੀਠੀਆ ਦੀ ਵੀਡੀਓ ਕਾਨਫਰੰਸਿਗ ਰਾਹੀਂ ਅਦਾਲਤ ‘ਚ ਪੇਸ਼ੀ ਹੋਈ। ਇਸ ਦੌਰਾਨ ਅਦਾਲਤ ਵਲੋਂ ਉਨ੍ਹਾਂ ਦੀ ਨਿਆਂਇਕ ਹਿਰਾਸਤ ‘ਚ ਵਾਧਾ ਕਰ ਦਿੱਤਾ ਗਿਆ। ਵਰਨਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਕੇ ਮੁਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਕਰੀਬ 11 ਦਿਨਾਂ ਤੱਕ ਪੁਲਿਸ ਰਿਮਾਂਡ ’ਤੇ ਰੱਖਣ ਤੋਂ ਬਾਅਦ 6 ਜੁਲਾਈ ਨੂੰ ਨਾਭਾ ਦੀ ਨਵੀਂ ਜੇਲ੍ਹ ਭੇਜਿਆ ਗਿਆ ਸੀ। ਵਿਜੀਲੈਂਸ ਵੱਲੋਂ ਇਸ ਮਾਮਲੇ ’ਚ ਮਜੀਠੀਆ ਵਿਰੁੱਧ 40 ਹਜ਼ਾਰ ਪੰਨਿਆਂ ਦਾ ਚਲਾਨ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਿਆ ਹੈ। ਬੈਰਕ ਬਦਲੇ ਜਾਣ ਦੇ ਮਾਮਲੇ ’ਚ ਅਦਾਲਤ ਵੱਲੋਂ ਜੇਲ੍ਹ ਸੁਪਰਿੰਟੈਂਡੈਂਟ ਨਾਭਾ ਅਤੇ ਏਡੀਜੀਪੀ ਜੇਲ੍ਹਾਂ ਕੋਲੋਂ ਰਿਪੋਰਟ ਮੰਗਵਾਈ ਗਈ ਸੀ, ਜਿਸ ਉੱਤੇ ਦੋਹਾਂ ਧਿਰਾਂ ਵੱਲੋਂ ਬਹਿਸ ਵੀ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਅਤੇ ਸੀਨੀਅਰ ਵਕੀਲ ਅਰਸ਼ਦੀਪ ਕਲੇਰ ਦੇ ਮੁਤਾਬਕ ਹਾਈਕੋਰਟ ਵੱਲੋਂ ਵਿਜੀਲੈਂਸ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇੱਕ ਹਫ਼ਤੇ ਲਈ ਮਜੀਠੀਆ ਦੀ ਟੀਮ ਨੂੰ ਉਸ ਰਿਪੋਰਟ ਨੂੰ ਪੜ੍ਹ ਕੇ ਆਪਣੀਆਂ ਅਬਜੈਕਸ਼ਨਾਂ ਦਾਖ਼ਲ ਕਰਨ ਦਾ ਮੌਕਾ ਮਿਲਿਆ ਸੀ। ਪਰ ਅੱਜ ਦੀ ਸੁਣਵਾਈ ਦੌਰਾਨ ਵਿਜੀਲੈਂਸ ਨੇ ਆਪਣੀ ਰਿਪੋਰਟ ਪੇਸ਼ ਕਰਨ ਲਈ ਹੋਰ ਇੱਕ ਹਫ਼ਤੇ ਦਾ ਵਕਤ ਮੰਗਿਆ ਹੈ। ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਕੋਰਟ ਵਿੱਚ ਆਪਣਾ ਜਵਾਬ ਦੇਣ ਤੋਂ ਕਤਰਾਂ ਰਹੀ ਹੈ। 29 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਵਿੱਚ ਮਾਣਯੋਗ ਅਦਾਲਤ ਵੱਲੋਂ ਕੀ ਫੈਸਲਾ ਲਿਆ ਜਾਵੇਗਾ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਸ਼ਾਇਦ ਬਿਕਰਮ ਮਜੀਠੀਆ ਦੀ ਜ਼ਿੰਦਗੀ ਚ ਇਹ ਪਹਿਲੀ ਵਾਰ ਹੋਵੇਗਾ ਕਿ ਉਸ ਦੀ ਦਿਵਾਲੀ ਇਸ ਵਾਰ ਜੇਲ੍ਹ ਵਿੱਚ ਹੀ ਲੰਘੇਗੀ।


