
ਚੰਡੀਗੜ੍ਹ, 28 ਅਕਤੂਬਰ, (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਬੈਠਕ ਤੋਂ ਬਾਅਦ ਮੀਡੀਆ ਨੂੰ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਮੀਟਿੰਗ ਵਿੱਚ ਫੈਸਲਿਆਂ ਦਾ ਉਦੇਸ਼ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਸ਼ਾਸਨਿਕ ਸੁਧਾਰ ਲਿਆਉਣਾ ਅਤੇ ਸਿਹਤ ਤੇ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣਾ ਹੈ।.ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਦੇਣ ਲਈ, ਖੇਡ ਮੈਡੀਸਨ ਨਾਲ ਸਬੰਧਤ 100 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ‘ਤੇ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਨੇ ‘ਪੰਜਾਬ ਯੂਨੀਫਾਈਡ ਬਿਲਡਿੰਗ ਬਿੱਲ 2025’ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਫੈਸਲੇ ਉਸੇ ਦਿਸ਼ਾ ਵਿੱਚ ਚੁੱਕੇ ਗਏ ਕਦਮ ਹਨ। ਇਸੇ ਤਰ੍ਹਾਂ ਸਰਕਾਰ ਨੇ ਬਰਨਾਲਾ ਨਗਰ ਕੌਂਸਲ ਨੂੰ ਅਪਗ੍ਰੇਡ ਕਰਕੇ ਨਗਰ ਨਿਗਮ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵੀਂ ਸਬ-ਤਹਿਸੀਲ ਬਣਾਈ ਜਾਵੇਗੀ ਅਤੇ ਉਦਯੋਗਿਕ ਮਜ਼ਦੂਰਾਂ ਅਤੇ ਸਥਾਨਕ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ, ਡੇਰਾਬੱਸੀ ਵਿੱਚ 100 ਬਿਸਤਰਿਆਂ ਵਾਲਾ ਕਰਮਚਾਰੀ ਰਾਜ ਬੀਮਾ ਹਸਪਤਾਲ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ (ਮੰਗਲਵਾਰ) ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਏ 5 ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।


