ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਫਰਵਰੀ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ ‘ਬਚਨ ਕੇ ਬਲੀ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ’ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਦੀਪ ਸਿੰਘ ਜੀ ਵਲੋ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖਿਲਾਫ ਲੜੀ ਜੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ । ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਮਨਦੀਪ ਸਿੰਘ ਜੀ ਦਮਦਮੀ ਟਕਸਾਲ, ਭਾਈ ਹਰਵਿੰਦਰ ਸਿੰਘ ਜੀ, ਭਾਈ ਜੋਗਿੰਦਰ ਸਿੰਘ ਜੀ, ਭਾਈ ਸੁਖਵਿੰਦਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਜਗਮੀਤ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੁਰਸੇਵਕ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ । ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ ।







