ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਮਾਰਚ (ਮੰਗਤ ਸਿੰਘ ਸੈਦਪੁਰ) : ਮੋਹਾਲੀ ਦੇ ਪਿੰਡ ਧਰਮਗੜ੍ਹ ਵਿੱਚ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਜੀ ਦੀ ਅਗਵਾਈ ਹੇਠ ਮੁਫ਼ਤ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਕੁੱਲ 135 ਮਰੀਜ਼ਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਦੰਦਾਂ ਦੀ ਜਾਂਚ, ਸਕੇਲਿੰਗ, ਦੰਦ ਕੱਢਣ ਅਤੇ ਫਿਲਿੰਗ ਸਮੇਤ ਮੂੰਹ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਟੈਸਟ ਅਤੇ ਜੋੜਾਂ ਨਾਲ ਸੰਬੰਧਿਤ ਸਮੱਸਿਆਵਾਂ ਦੀ ਜਾਂਚ ਅਤੇ ਮਹਿਲਾਵਾਂ ਦੀ ਸਿਹਤ ਸੰਬੰਧੀ ਸਕ੍ਰੀਨਿੰਗ ਵੀ ਕੀਤੀ ਗਈ।ਡਾਕਟਰਾਂ ਵੱਲੋਂ ਕੈਂਪ ਵਿੱਚ ਪਹੁੰਚੇ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਨਾਉਣ, ਸੰਤੁਲਿਤ ਖੁਰਾਕ ਲੈਣ, ਨਿਯਮਿਤ ਕਸਰਤ ਕਰਨ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ, ਤਾਂ ਜੋ ਲੋਕ ਬਿਮਾਰੀਆਂ ਤੋਂ ਬਚਾਅ ਕਰ ਸਕਣ। ਇਸ ਮੌਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੋਕਾਂ ਦੇ ਹੈਲਥ ਕਾਰਡ ਵੀ ਬਣਾਏ ਗਏ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਅਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪਿੰਡ ਪੱਧਰ ‘ਤੇ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਲੋਕਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਲਈ ਸ਼ਹਿਰਾਂ ਦੇ ਮਹਿੰਗੇ ਹਸਪਤਾਲਾਂ ਦਾ ਰੁਖ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚੰਗੀ ਸਿਹਤ ਹੀ ਖੁਸ਼ਹਾਲ ਅਤੇ ਮਜ਼ਬੂਤ ਸਮਾਜ ਦੀ ਨੀਂਹ ਹੈ ਅਤੇ ਅਜਿਹੇ ਸਿਹਤ ਕੈਂਪ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਲਗਾਏ ਜਾਂਦੇ ਰਹਿਣਗੇ। ਅੰਤ ਵਿੱਚ ਡਾ. ਆਹਲੂਵਾਲੀਆ ਨੇ ਪਿੰਡ ਧਰਮਗੜ੍ਹ ਦੇ ਸਰਪੰਚ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਅਨੂਰਾਧਾ ਅਤੇ ਹਰਪ੍ਰੀਤ ਸਿੰਘ ਹੈਪੀ ਸਮੇਤ ਸਮੂਹ ਪਿੰਡ ਵਾਸੀਆਂ ਦਾ ਕੈਂਪ ਦੀ ਸਫਲਤਾ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ। ਜਿਨ੍ਹਾਂ ਨੇ ਕੈਂਪ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।


