ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਾਰਚ (ਮੰਗਤ ਸਿੰਘ ਸੈਦਪੁਰ) : ਲੋਕਾਂ ਨੂੰ ਉੱਚ-ਗੁਣਵੱਤਾ ਅਤੇ ਸਸਤੀ ਸਿਹਤ ਸਹੂਲਤਾਂ ਘਰ ਦੇ ਨੇੜੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੈਕਟਰ-67 ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਵਿਸ਼ਾਲ ਮੁਫ਼ਤ ਸਿਹਤ ਕੈਂਪ ਲਗਾਇਆ ਗਿਆ। ਜਿਸ ਵਿੱਚ ਸੈਂਕੜਿਆਂ ਲੋਕਾਂ ਨੇ ਲਾਭ ਪ੍ਰਾਪਤ ਕੀਤਾ।ਕੈਂਪ ਦੌਰਾਨ ਕੁੱਲ 117 ਮਰੀਜ਼ਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਦੰਦਾਂ ਦੀ ਜਾਂਚ, ਸਕੇਲਿੰਗ, ਫਿਲਿੰਗ ਅਤੇ ਦੰਦ ਕੱਢਣ ਸਮੇਤ ਮੂੰਹ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ, ਜੋੜਾਂ ਦੇ ਦਰਦ ਦੀ ਜਾਂਚ ਅਤੇ ਔਰਤਾਂ ਦੀ ਸਿਹਤ ਸੰਬੰਧੀ ਖਾਸ ਸਕ੍ਰੀਨਿੰਗ ਵੀ ਕੀਤੀ ਗਈ। ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ, ਜਿਸ ਵਿੱਚ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਕਰਵਾਉਣ ‘ਤੇ ਜ਼ੋਰ ਦਿੱਤਾ ਗਿਆ, ਤਾਂ ਜੋ ਬਿਮਾਰੀਆਂ ਤੋਂ ਪਹਿਲਾਂ ਹੀ ਬਚਾਅ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 127 ਲੋਕਾਂ ਦੇ ਹੈਲਥ ਕਾਰਡ ਵੀ ਬਣਾਏ ਗਏ। ਇਸ ਯੋਜਨਾ ਦੇ ਅਧੀਨ ਯੋਗ ਪਰਿਵਾਰਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਇਸ ਯੋਜਨਾ ਵਿੱਚ ਹੁਣ ਤੱਕ 30 ਲੱਖ ਤੋਂ ਜ਼ਿਆਦਾ ਪਰਿਵਾਰ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਜਿਨ੍ਹਾਂ ਦੇ ਹਸਪਤਾਲਾਂ ਦੇ ਖਰਚੇ ਬਿਲਕੁੱਲ ਖਤਮ ਹੋ ਚੁੱਕੇ ਹਨ। ਇਸ ਦੇ ਲਈ ਸਰਕਾਰ ਵੱਲੋਂ 292 ਕਰੋੜ ਰੁਪਏ ਦੀ ਪਹਿਲੀ ਕਿਸਤ ਨੂੰ ਮੰਨਜੂਰੀ ਦਿੱਤੀ ਜਾ ਚੁੱਕੀ ਹੈ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਮੋਹਾਲੀ ਦੇ ਹਰ ਇਲਾਕੇ ਵਿੱਚ ਇਸ ਤਰ੍ਹਾਂ ਦੇ ਮੁਫ਼ਤ ਸਿਹਤ ਕੈਂਪ ਲਗਾ ਕੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ। ਉਨ੍ਹਾਂ ਵੱਲੋਂ ਲਗਾਤਾਰ ਸਿਹਤ ਕੈਂਪ, ਹੈਲਥ ਕਾਰਡ ਰਜਿਸਟਰੇਸ਼ਨ ਮੁਹਿੰਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਵੱਡੇ ਹਸਪਤਾਲਾਂ ਦੇ ਚੱਕਰ ਨਾ ਕੱਟਣ ਪੈਣ। ਲੋਕਾਂ ਦੀ ਚੰਗੀ ਸਿਹਤ ਹੀ ਇੱਕ ਖੁਸ਼ਹਾਲ ਅਤੇ ਮਜ਼ਬੂਤ ਸਮਾਜ ਦੀ ਨੀਂਹ ਹੈ। ਡਾ. ਆਹਲੂਵਾਲੀਆ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮੋਹਾਲੀ ਦੇ ਹਰ ਵਾਰਡ ਅਤੇ ਪਿੰਡ ਤੱਕ ਪਹੁੰਚਾਈ ਜਾਵੇਗੀ। ਲੋਕਾਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤਰਜੀਹ ਹੈ।” ਅੰਤ ਵਿੱਚ ਡਾ. ਆਹਲੂਵਾਲੀਆ ਨੇ ਸੈਕਟਰ 67 ਦੇ ਸਮਾਜ ਸੇਵੀ ਸਮਾਜ ਸੇਵੀ ਰਜਿੰਦਰ ਸਿੰਘ, ਕਮਲਜੀਤ ਕੌਰ, ਸਤੀਸ਼ ਬੱਗਾ, ਨਿਰਮਲ ਸਿੰਘ ਅਤੇ ਰੇਸ਼ਮਾ ਸਮੇਤ ਸਮੂਹ ਇਲਾਕਾ ਵਾਸੀਆਂ ਦਾ ਕੈਂਪ ਦੀ ਸਫਲਤਾ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ ਅਤੇ ਸਿਹਤ ਕੈਂਪ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਇਲਾਕਾ ਵਾਸੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੇ ਹਨ।


