ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਮਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਲਗਾਤਾਰ ਤੇਜ਼ੀ ਨਾਲ ਜਾਰੀ ਹੈ। ਇਸੇ ਤਹਿਤ ਅੱਜ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਗਮਾਡਾ ਦਫ਼ਤਰ, ਮੋਹਾਲੀ ਵਿਖੇ ਰਿਟਰਨਿੰਗ ਅਫਸਰ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ।ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਇੱਕ ਵਿਸ਼ਾਲ ਕਾਫ਼ਲੇ ਅਤੇ ਭਾਰੀ ਸਮਰਥਨ ਨਾਲ ਗਮਾਡਾ ਦਫ਼ਤਰ ਪਹੁੰਚੇ। ਇਸ ਦੌਰਾਨ ਪੰਜਾਬ ਦੇ ਕੈਬੀਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਅਤੇ ਆਪ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਵਿਸ਼ੇਸ ਤੌਰ ਤੇ ਮੌਜੂਦ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਸਮਰਥਕ ਅਤੇ ਇਲਾਕਾ ਵਾਸੀ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।
ਨਾਮਜ਼ਦਗੀ ਦਾਖਲ ਕਰਨ ਉਪਰੰਤ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਸਮੂਹ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਕੀਤਾ ਗਿਆ ਵਿਸ਼ਵਾਸ ਉਹ ਲੋਕ ਸੇਵਾ ਰਾਹੀਂ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ ਮੋਹਾਲੀ ਦੀ ਜਨਤਾ ਇਸ ਵਾਰ ਇਮਾਨਦਾਰ ਅਤੇ ਵਿਕਾਸ ਪੱਖੀ ਰਾਜਨੀਤੀ ਦੇ ਹੱਕ ਵਿੱਚ ਫ਼ੈਸਲਾ ਕਰੇਗੀ ਅਤੇ ਮੋਹਾਲੀ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣੇਗਾ।
ਉਨ੍ਹਾਂ ਕਿਹਾ ਕਿ ਵਾਰਡ ਨੰਬਰ 6 ਸਮੇਤ ਸਮੂਹ ਮੋਹਾਲੀ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾਵੇਗਾ। ਖ਼ਾਸ ਤੌਰ ‘ਤੇ ਸਫ਼ਾਈ ਪ੍ਰਬੰਧ, ਕੂੜਾ ਨਿਪਟਾਰਾ, ਸਾਫ਼ ਪੀਣ ਯੋਗ ਪਾਣੀ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਦੀ ਸੰਭਾਲ ਅਤੇ ਸੁਰੱਖਿਆ ਵਰਗੇ ਮੁੱਦਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।
ਡਾ. ਆਹਲੂਵਾਲੀਆ ਨੇ ਅੱਗੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਮੋਹਾਲੀ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹਰ ਵਾਰਡ ਵਿੱਚ ਬਿਨਾਂ ਭੇਦਭਾਵ ਵਿਕਾਸ ਯਕੀਨੀ ਬਣਾਇਆ ਜਾਵੇਗਾ।


