Home » Uncategorized » ਅਮਰ ਸ਼ਹੀਦ ਧੰਨ ਧੰਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ..

ਅਮਰ ਸ਼ਹੀਦ ਧੰਨ ਧੰਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਵੀਰਪਾਲ ਕੌਰ ਮੋਗੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨਾਂ ਨੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਅਮਨਪ੍ਰੀਤ ਸਿੰਘ ਗੁਰਦੁਅਰਾ ਸ੍ਰੀ ਪਾਉਂਟਾ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਹਰਜੀਤ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।  ਇਸ ਤੋਂ ਇਲਾਵਾ ਬੀਬੀ ਬਲਵਿੰਦਰ ਕੌਰ ਖਹਿਰਾ ਜਲੰਧਰ ਵਾਲੀਆਂ ਬੀਬੀਆਂ ਦਾ ਇੰਟਰਨਸ਼ੈਨਲ ਢਾਡੀ ਜੱਥਾ, ਭਾਈ ਸਰਬਜੋਤ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਬੀਬੀ ਹਰਜਿੰਦਰ ਕੌਰ ਜੀ, ਭਾਈ ਅਮਰਜੀਤ ਸਿੰਘ ਖਾਲਸਾ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣਾ ਵਾਲੇ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਡੈਂਟਲ ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਸੇਵਾਵਾਂ ਵੀ ਉਪਲੱਬਧ ਹਨ।

Leave a Reply

Your email address will not be published. Required fields are marked *

ਕੌਮੀ ਇਨਸਾਫ ਮੋਰਚੇ ਵੱਲੋਂ 28 ਜੁਲਾਈ ਨੂੰ ਸਾਰੀਆਂ ਪੰਥਕ, ਕਿਸਾਨ ਜਥੇਬੰਦੀਆਂ, ਪੰਥ ਪੰਜਾਬ ਦਰਦੀ ਸ਼ਖਸ਼ੀਅਤਾਂ ਨੂੰ ਕਿਸਾਨ ਭਵਨ ‘ਚ 11 ਵਜੇ ਨੁਮਾਇੰਦਾ ਮੀਟਿੰਗ ਵਿੱਚ ਪੁੱਜਣ ਦੀ ਕੀਤੀ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਗੁਰਦੀਪ ਸਿੰਘ ਬਠਿੰਡਾ