ਮਾਛੀਵਾੜਾ ਸਾਹਿਬ, 22 ਸਤੰਬਰ (ਅੰਮ੍ਰਿਤਪਾਲ)-ਸਥਾਨਕ ਮਾਤਾ ਹਰਦੇਈ ਨੈਸ਼ਨਲ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਾਹਿਤ ਅਤੇ ਅਮੀਰ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜਾਣੂੰ ਕਰਵਾਇਆ ਗਿਆ।
ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਤ ਕਵਿਤਾਵਾਂ, ਭਾਸ਼ਣ, ਕਵਿਜ਼, ਸੁੰਦਰ ਲਿਖਾਈ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲਿਆ ਗਿਆ। ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਕੂਲ ਮੁਖੀ ਦਵਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿੱਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।


