ਓਵਰਲੋਡ ਅਤੇ ਦਸਤਾਵੇਜ਼ ਨਾ ਹੋਣ ਦੀ ਸੂਰਤ ‘ਚ ਕੱਟੇ ਚਲਾਨ
ਮਾਛੀਵਾੜਾ ਸਾਹਿਬ, 30 ਸਤੰਬਰ (ਅੰਮ੍ਰਿਤਪਾਲ)-ਤਿਉਹਾਰਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ। ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐਸਪੀ (ਐੱਚ) ਖੰਨਾ ਗੱਬਰ ਸਿੰਘ ਵੱਲੋਂ ਮਾਛੀਵਾੜਾ ਸਾਹਿਬ ਥਾਣਾ ਅਧੀਨ ਪੈਂਦੇ ਗੜ੍ਹੀ ਪੁਲ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਨਾਕਾਬੰਦੀ ਦੌਰਾਨ ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ। ਡੀਐਸਪੀ (ਐੱਚ) ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਅਤੇ ਗਸ਼ਤ ਵਧਾਈ ਗਈ ਹੈ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸ਼ੱਕੀ ਵਿਅਕਤੀ ਜਾਂ ਵਾਹਨ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਤਿਉਹਾਰਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ‘ਚ ਸਹਿਯੋਗ ਦੇਣ। ਉਹਨਾਂ ਕਿਹਾ ਕਿ ਕਾਨੂੰਨ-ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।


