Translate Your Language

October 7, 2026 5:47 am

PUNPUN03583/19/1/2007-TC

PUNPUN03583/19/1/2007-TC

ਪਾਣੀਆਂ ਦੇ ਮਾਮਲੇ ‘ਚ ਨੰਗਲ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਹਾ-: ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗੇ 

ਸ੍ਰੀ ਅਨੰਦਪੁਰ ਸਾਹਿਬ(ਨੰਗਲ), 1 ਮਈ, (ਦਵਿੰਦਰਪਾਲ ਸਿੰਘ ): ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਤਾਨਾਸ਼ਾਹੀ ਢੰਗ ਨਾਲ ਪੰਜਾਬ ਨੂੰ ਹੁਕਮ ਚਾੜ੍ਹ ਕੇ ਹਰਿਆਣਾ ਨੂੰ ਪਾਣੀ ਨਹੀਂ ਛੱਡ ਸਕਦਾ।
ਅੱਜ ਨੰਗਲ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦੇ ਅਲਾਟ ਕੀਤੇ ਪਾਣੀ ਨਾਲੋਂ 16000 ਕਿਊਸਿਕ ਪਾਣੀ ਵੱਧ ਵਰਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਹਰਿਆਣਾ ਨੇ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਪਸ ਵਿੱਚ ਗੰਢਤੁੱਪ ਕਰ ਲਈ ਹੈ ਅਤੇ ਬੀ.ਬੀ.ਐਮ.ਬੀ. ਨੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫੈਸਲਾ ਕਰ ਲਿਆ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਅਤੇ ਬੋਰਡ ਦਾ ਇਹ ਫੈਸਲਾ ਆਪਹੁਦਰਾ, ਤਾਨਾਸ਼ਾਹੀ ਅਤੇ ਗੈਰ-ਜਮਹੂਰੀ ਹੈ। 
ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੂੰ ਪੰਜਾਬ ਅਤੇ ਇਸ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਕਿਸੇ ਨੂੰ ਪਾਣੀ ਦੇਣ ਦਾ ਕੋਈ ਹੱਕ ਨਹੀਂ ਅਤੇ ਕਿਸੇ ਵੀ ਸੂਰਤ ਵਿੱਚ ਅਜਿਹਾ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿਵੇਂ ਇਕ ਕਿਸਾਨ ਹਰ ਵੇਲੇ ਆਪਣੇ ਹਿੱਸੇ ਦੇ ਪਾਣੀ ਦੀ ਰਾਖੀ ਕਰਦਾ ਹੈ, ਉਸੇ ਤਰ੍ਹਾਂ ਪੰਜਾਬ ਅਤੇ ਇਸ ਦੇ ਪਾਣੀਆਂ ਦਾ ਰਖਵਾਲਾ ਹੋਣ ਦੇ ਨਾਤੇ ਮੈਂ ਇੱਥੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਆਇਆ ਹਾਂ ਤਾਂ ਜੋ ਕੋਈ ਵੀ ਪੰਜਾਬ ਦੇ ਪਾਣੀਆਂ ਦੀ ਚੋਰੀ ਨਾ ਕਰੇ। ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੇ ਪਾਣੀਆਂ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਬਾਰੇ ਪਹਿਲਾਂ ਹੀ ਢੁਕਵੀਂ ਵਿਉਂਤਬੰਦੀ ਕੀਤੀ ਜਾ ਚੁੱਕੀ ਹੈ।” ਮੁੱਖ ਮੰਤਰੀ ਨੇ ਕੇਂਦਰ ਸਰਕਾਰ, ਹਰਿਆਣਾ ਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਦਮਨਕਾਰੀ ਨੀਤੀਆਂ ਪੰਜਾਬ ਵਿੱਚ ਨਹੀਂ ਚੱਲਣ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਪਾਣੀਆਂ ਨੂੰ ਖੋਹਣ ਵਾਲੇ ਅਜਿਹੇ ਕਿਸੇ ਵੀ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰੇਗਾ ਕਿਉਂਕਿ ਖੇਤੀ ਅਧਾਰਿਤ ਸੂਬਾ ਹੋਣ ਦੇ ਨਾਤੇ ਪੰਜਾਬ ਦੇ ਪਾਣੀ ਸਾਡੀ ਜੀਵਨਧਾਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਅਜਿਹੀਆਂ ਸਾਜ਼ਿਸ਼ਾਂ ਘੜਨ ਤੋਂ ਪਿੱਛੇ ਨਾ ਹਟਿਆ ਤਾਂ ਉਸ ਨੂੰ ਵੀ ਇਹ ਭੁਲਾ ਦੇਣਾ ਚਾਹੀਦਾ ਹੈ ਕਿ ਜਨਤਕ ਵੰਡ ਪ੍ਰਣਾਲੀ ਲਈ ਪੰਜਾਬ, ਦੇਸ਼ ਨੂੰ ਝੋਨਾ ਦੇਵੇਗਾ। 
                        ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੀਨੀਅਰ ਆਪ ਆਗੂ ਡਾ.ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *