ਚੰਡੀਗੜ੍ਹ 21 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਖਾਸ ਗੱਲ ਇਹ ਹੈ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਮੁਲਜ਼ਮ ਹੌਲਦਾਰ ਦੀ ਗੱਲਬਾਤ ਰਿਕਾਰਡ ਕਰ ਲਈ ਸੀ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਅਨੁਸਾਰ ਉਸ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।



