ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਫਰਵਰੀ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ-ਉੱਚ- ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਗੁਰਦੁਆਰਾ ਸ਼੍ਰੋਮਣੀ ਕਮੇਟੀ ਦੀ ਮੈਨੇਜਮੈਂਟ ਅਧੀਨ ਇਤਿਹਾਸਿਕ ਗੁਰਦੁਆਰਿਆਂ ਵਿੱਚ ਹੋ ਰਹੇ ਘਪਲਿਆਂ ਬਾਰੇ ਪਿਛਲੇ ਲੰਮੇ ਸਮੇਂ ਤੋਂ ਸੰਗਤਾਂ ਨੂੰ ਜਾਗ੍ਰਿਤ ਕੀਤਾ ਜਾ ਰਿਹਾ ਹੈ। ਪ੍ਰੰਤੂ ਬਾਦਲ ਪਰਿਵਾਰ ਦੀ ਸ਼ੈਅ ਅਤੇ ਕਬਜ਼ੇ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੋਣ ਕਰਕੇ ਕੇਂਦਰ ਸਰਕਾਰਾਂ ਦੀ ਦਖਲਅੰਦਾਜ਼ੀ ਸਿੱਧੇ ਤੌਰ ”ਤੇ ਹੋਣ ਕਰਕੇ ਖਾਲਸਾ ਪੰਥ ਦੀ ਮਿੰਨੀ ਪਾਰਲੀਮੈਂਟ ਵਿੱਚ ਹੋ ਰਹੇ ਘਪਲਿਆਂ ਦੀ ਇਨਕੁਆਇਰੀ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਥੋਂ ਤੱਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ ਕੇਂਦਰ ਸਰਕਾਰ ਵੱਲੋਂ ਕਰਵਾਈਆਂ ਜਾਂਦੀਆਂ ਹਨ ਪਿਛਲੇ ਲਗਭਗ 11-12 ਸਾਲਾਂ ਤੋਂ ਨਹੀਂ ਹੋਈਆਂ। ਇਸੇ ਸੰਬੰਧ ਵਿੱਚ ਸੱਤਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਦੀ 44 ਕਨਾਲ ਜਮੀਨ ਕੌਡੀਆਂ ਦੇ ਭਾਅ ਵੇਚਣ ਦਾ ਸਕੈਂਡਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਸਾਹਮਣੇ ਲਿਆਂਦਾ ਗਿਆ ਹੈ। ਉਸ ਪ੍ਰਤੀ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਕਾਰਵਾਈ ਹੋ ਰਹੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸੱਤ ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਹੋ ਚੁੱਕੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਜਾਂਚ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਗੁਰਦੁਆਰਾ ਅੰਬ ਸਾਹਿਬ ਨਾਲ ਜੁੜਿਆ ਜ਼ਮੀਨੀ ਵਿਵਾਦ ਹੁਣ ਪੁਲਿਸ ਕਾਰਵਾਈ ਤੱਕ ਪਹੁੰਚ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਭੱਖ ਰਹੇ ਇਸ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਮੇਤ ਸੱਤ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਨਾਮਜ਼ਦ ਵਿਅਕਤੀਆਂ ਦੀ ਪੁੱਛਗਿੱਛ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਹ ਮਾਮਲਾ ਮੋਹਾਲੀ ਦੇ ਥਾਣਾ ਸੋਹਾਣਾ ਵਿਖੇ ਦਰਜ ਕੀਤਾ ਗਿਆ ਹੈ। ਐਫ.ਆਈ.ਆਰ. ਵਿੱਚ ਗੁਰਦੁਆਰਾ ਮੈਨੇਜਰ ਅਤੇ 6 ਹੋਰ ਵਿਅਕਤੀਆਂ (ਕੁੱਲ 7) ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਪੂਰਾ ਮਾਮਲਾ 44 ਮਰਲੇ ਜ਼ਮੀਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਲਜ਼ਾਮ ਲਗਾਏ ਜਾ ਰਹੇ ਸਨ ਕਿ ਬੇਸ਼ਕੀਮਤੀ ਜ਼ਮੀਨ ਦੇ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ। ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਇਤਿਹਾਸ ਗੁਰਦੁਆਰਾ ਅੰਬ ਸਾਹਿਬ ਦੀ 44 ਮਰਲੇ ਜਮੀਨ ਨੂੰ ਲੈ ਕੇ ਹੋਏ ਘਪਲੇ ਕਾਰਨ ਸਿੱਖ ਸੰਗਤਾਂ ਵਿੱਚ ਵੱਡੇ ਪੱਧਰ ‘ਤੇ ਚਰਚਾ ਹੈ।
Home
»
Uncategorized
»
ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਜ਼ਮੀਨੀ ਵਿਵਾਦ ਮਾਮਲੇ ‘ਚ ਮੈਨੇਜਰ ਸਮੇਤ 7 ਲੋਕਾਂ ਖ਼ਿਲਾਫ਼ ਐਫਆਈਆਰ ਹੋਈ ਦਰਜ…


