ਸਮਗੌਲੀ ਨੇੜੇ ਪ੍ਰਸਤਾਵਿਤ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਸਬੰਧੀ ਜ਼ਮੀਨ ਨਾਲ ਜੁੜਿਆ ਮਾਮਲਾ ਅਦਾਲਤ ‘ਚ ਵਿਚਾਰ ਅਧੀਨ : ਕੈਬਿਨਟ ਮੰਤਰੀ ਸੰਜੀਵ ਅਰੋੜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸਮਗੌਲੀ ਪਿੰਡ ਨੇੜੇ ਪ੍ਰਸਤਾਵਿਤ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਮੁੱਦਾ ਉਠਾਉਂਦਿਆਂ ਸੰਬੰਧਿਤ ਵਿਭਾਗ ਤੋਂ ਜਾਣਕਾਰੀ ਮੰਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਮਗੌਲੀ ਪਿੰਡ ਨੇੜੇ ਲਗਭਗ 50 ਏਕੜ ਜ਼ਮੀਨ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਹਾਸਲ ਕੀਤੀ ਗਈ ਸੀ। ਇਸ ਸਬੰਧੀ 2016 ਵਿੱਚ ਨੋਟੀਫਿਕੇਸ਼ਨ ਜਾਰੀ ਹੋਇਆ ਸੀ ਅਤੇ 2017 ਵਿੱਚ ਐਵਾਰਡ ਜਾਰੀ ਕਰਕੇ ਲਗਭਗ 33 ਕਰੋੜ 61 ਲੱਖ ਰੁਪਏ ਦੀ ਰਕਮ ਅਦਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਵਿੱਚੋਂ ਕਰੀਬ 39 ਏਕੜ ਦਾ ਕਬਜ਼ਾ ਡੰਪਿੰਗ ਗਰਾਊਂਡ ਲਈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਪ੍ਰੋਸੈਸਿੰਗ ਪਲਾਂਟ ਵਿੱਚ ਮੋਹਾਲੀ ਦੇ ਨਾਲ-ਨਾਲ ਡੇਰਾਬੱਸੀ, ਲਾਲੜੂ, ਜ਼ੀਰਕਪੁਰ, ਖਰੜ, ਕੁਰਾਲੀ ਅਤੇ ਮੋਰਿੰਡਾ ਆਦਿ ਸ਼ਹਿਰਾਂ ਦੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਯੋਜਨਾ ਸੀ। ਉਨ੍ਹਾਂ ਨੇ ਸੰਬੰਧਿਤ ਮੰਤਰੀ ਤੋਂ ਇਸ ਪਲਾਂਟ ਦੀ ਮੌਜੂਦਾ ਸਥਿਤੀ ਅਤੇ ਇਸ ਦੀ ਸਥਾਪਨਾ ਸਬੰਧੀ ਹੋ ਰਹੀ ਕਾਰਵਾਈ ਬਾਰੇ ਜਾਣਕਾਰੀ ਮੰਗੀ। ਇਸ ਮੌਕੇ ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਜਵਾਬ ਦਿੰਦਿਆਂ ਕਿਹਾ ਕਿ ਸਮਗੌਲੀ ਨੇੜੇ ਪ੍ਰਸਤਾਵਿਤ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਸਬੰਧੀ ਜ਼ਮੀਨ ਨਾਲ ਜੁੜਿਆ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਵਾਂ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਿੰਨੀ ਜਲਦੀ ਸੰਭਵ ਹੋਵੇਗਾ, ਇਸ ਸਬੰਧੀ ਫੈਸਲਾ ਲਿਆ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਠੋਸ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮੋਹਾਲੀ ਦੇ ਸਮੁੱਚੇ ਵਿਕਾਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।


