ਮਾਛੀਵਾੜਾ ਸਾਹਿਬ, 3 ਅਗਸਤ (ਅੰਮ੍ਰਿਤਪਾਲ)-ਮਾਛੀਵਾੜਾ ਸਾਹਿਬ ਦੀ ਬਲੀਬੇਗ ਬਸਤੀ ਨੇੜਲੇ ਖੇਤਾਂ ‘ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਰਾਜੇਸ਼ ਕੁਮਾਰ (18) ਵਜੋਂ ਹੋਈ ਹੈ, ਜੋ ਪਿਛਲੇ ਤਿੰਨ ਦਿਨਾਂ ਤੋਂ ਆਪਣੇ ਘਰ ਤੋਂ ਲਾਪਤਾ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਕਿਸੇ ਵਿਅਕਤੀ ਨੇ ਖੇਤਾਂ ‘ਚ ਇੱਕ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ਉਪਰੰਤ ਜਦੋਂ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਲਾਸ਼ ਦੀ ਪਛਾਣ ਆਪਣੇ ਪੁੱਤਰ ਰਾਜੇਸ਼ ਕੁਮਾਰ ਵਜੋਂ ਕੀਤੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਾਛੀਵਾੜਾ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਬੁਰੀ ਤਰ੍ਹਾਂ ਗਲੀ-ਸੜੀ ਹੋਣ ਕਾਰਨ ਮੌਕੇ ‘ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਕੁਝ ਲੋਕ ਇਸ ਨੂੰ ਕਤਲ ਦਾ ਮਾਮਲਾ ਮੰਨ ਰਹੇ ਹਨ, ਜਦਕਿ ਕੁਝ ਦਾ ਕਹਿਣਾ ਹੈ ਕਿ ਨਸ਼ੇ ਕਾਰਨ ਵੀ ਮੌਤ ਹੋ ਸਕਦੀ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਬੇਰੋਕ-ਟੋਕ ਚੱਲ ਰਿਹਾ ਹੈ, ਜਿਸ ਕਾਰਨ ਕਈ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੁਲਿਸ ਨੇ ਦੱਸਿਆ ਹੈ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ ਕਿ ਇਹ ਕਤਲ ਦਾ ਮਾਮਲਾ ਹੈ ਜਾਂ ਕਿਸੇ ਹੋਰ ਕਾਰਨ ਨਾਲ ਮੌਤ ਹੋਈ ਹੈ।


