Translate Your Language

October 5, 2026 12:09 pm

PUNPUN03583/19/1/2007-TC

PUNPUN03583/19/1/2007-TC

Home » Uncategorized » 80ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਮੁਕੰਮਲ

80ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਮੁਕੰਮਲ

 

ਕਾਨੂੰਨੀ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਐਸਐਸਪੀ ਆਹਲੂਵਾਲੀਆ

ਮਾਛੀਵਾੜਾ ਸਾਹਿਬ, 12 ਅਗਸਤ (ਅੰਮ੍ਰਿਤਪਾਲ)-ਦੇਸ਼ ਦੇ 80ਵੇਂ ਅਜ਼ਾਦੀ ਦਿਵਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪ੍ਰਬੰਧ ਕਰ ਲਏ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਡਾ. ਦਰਪਣ ਕੌਰ ਆਹਲੂਵਾਲੀਆ ਨੇ ਦੱਸਿਆ ਕਿ ਖੰਨਾ ਪੁਲਿਸ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਥਾਣਿਆਂ ਅਤੇ ਚੌਂਕੀਆਂ ਦੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਹੈ, ਤਾਂ ਕਿ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਆਜ਼ਾਦੀ ਦਿਹਾੜੇ ਮੌਕੇ ਕਾਨੂੰਨੀ ਵਿਵਸਥਾ ਨੂੰ ਬਣਾਏ ਰੱਖਣ ਲਈ ਵਾਧੂ ਪੁਲਿਸ ਫੋਰਸ ਵੀ ਤੈਨਾਤ ਕੀਤੀ ਜਾ ਰਹੀ ਹੈ। ਉਹਨਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸ਼ਬਦਾਂ ‘ਚ ਤਾੜਨਾ ਕਰਦੇ ਹੋਏ ਕਿਹਾ ਕਿ ਅਗਰ ਕਿਸੇ ਵੀ ਤਰ੍ਹਾਂ ਇਹਨਾਂ ਲੋਕਾਂ ਦੁਆਰਾ ਕਾਨੂੰਨੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ‘ਚ ਜਿਹੜੇ ਵੀ ਨਸ਼ਾ ਤਸਕਰ ਹਨ ਉਹਨਾਂ ਦੇ ਖ਼ਿਲਾਫ਼ ਲਗਾਤਾਰ ਮੁਹਿੰਮ ਛੇੜੀ ਹੋਈ ਹੈ ਅਤੇ ਇਸੇ ਤਰ੍ਹਾਂ ਜਾਰੀ ਰਹੇਗੀ। ਬਹੁਤ ਜਲਦ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਵੱਡੇ ਮਗਰਮੱਛਾਂ ਨੂੰ ਵੀ ਨਕੇਲ ਪਾਈ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੁਲਿਸ ਵੱਲੋਂ ਕਈ ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ, ਜਦੋਂ ਤੱਕ ਪੂਰਾ ਪੁਲਿਸ ਜ਼ਿਲ੍ਹਾ ਖੰਨਾ ਨਸ਼ਾ ਮੁਕਤ ਨਹੀਂ ਕਰ ਦਿੱਤਾ ਜਾਂਦਾ। ਉਹਨਾਂ ਦੱਸਿਆ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨ, ਜੋ ਨਸ਼ਾ ਛੱਡਣਾ ਚਾਹੁੰਦੇ ਹਨ, ਉਹਨਾਂ ਦੀ ਕਾਉਂਸਲਿੰਗ ਕਰ ਕੇ ਨਸ਼ਾ ਛਡਾਊ ਕੇਂਦਰਾਂ ‘ਚ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਉਪਰਾਲੇ ਸਦਕਾ ਅੱਜ ਕਈ ਨੌਜਵਾਨ ਇਸ ਨਸ਼ੇ ਦੀ ਦਲਦਲ ‘ਚੋਂ ਨਿਕਲ ਚੁੱਕੇ ਹਨ। ਮੈਡੀਕਲ ਨਸ਼ਿਆਂ ਬਾਬਤ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਡਰੱਗ ਇੰਸਪੈਕਟਰ ਨੂੰ ਨਾਲ ਲੈ ਕੇ ਜ਼ਿਲ੍ਹੇ ਅਧੀਨ ਆਉਂਦੇ ਸ਼ੱਕੀ ਮੈਡੀਕਲ ਸਟੋਰਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ, ਕਈ ਮੈਡੀਕਲ ਸਟੋਰਾਂ ਤੋਂ ਵਰਜਿਤ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ, ਉਹਨਾਂ ਖਿਲਾਫ਼ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਜਿਹੜੀ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

ਸ਼ੱਕੀ ਹਾਲਾਤਾਂ ‘ਚ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ
ਐਸਐਸਪੀ ਡਾ. ਦਰਪਣ ਕੌਰ ਆਹਲੂਵਾਲੀਆ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਹਾੜੇ ਮੌਕੇ ਜਿੱਥੇ ਜ਼ਿਲ੍ਹੇ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ, ਉੱਥੇ ਹੀ ਹਰੇਕ ਵਰਗ ਦਾ ਵਿਅਕਤੀ ਵੀ ਚੇਤੰਨ ਰਹੇ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਵਿਅਕਤੀਆਂ ਦੀ ਸੂਚਨਾ ਤੁਰੰਤ ਨੇੜਲੇ ਥਾਣੇ ਜਾਂ 112 ਨੰਬਰ ਡਾਇਲ ਕਰਕੇ ਦੇਣ। ਤੁਹਾਡਾ ਪੁਲਿਸ ਨੂੰ ਦਿੱਤਾ ਗਿਆ ਸਾਥ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਸਕਦਾ ਹੈ।

Leave a Reply

Your email address will not be published. Required fields are marked *