ਸਮਰਾਲਾ, (ਸੁਰਜੀਤ ਸਿੰਘ) ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਮੁੱਦੇ ’ਤੇ ਪੰਜਾਬ ਦੇ ਲੋਕਾਂ ਨੂੰ ਲੁਭਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ਤਹਿਤ ਅੱਜ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਵਿੱਚ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਗਈ। ਭਾਜਪਾ ਆਗੂ ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਸਹਿਰਾ ਗਰਾਊਂਡ ਪਹੁੰਚੇ, ਜਿੱਥੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ, ਮਨਪ੍ਰੀਤ ਸਿੰਘ ਬਾਦਲ, ਅਵਿਨਾਸ਼ ਰਾਏ ਖੰਨਾ ਅਤੇ ਗੇਜਾ ਰਾਮ ਨੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਨਸ਼ਾ ਤਿੰਨ ਮਹੀਨਿਆਂ ਵਿੱਚ ਖ਼ਤਮ ਕਰਨ ਦੀ ਗਾਰੰਟੀ ਦੇ ਕੇ ਸੱਤਾ ਹਾਸਲ ਕੀਤੀ ਸੀ, ਪਰ ਉਲਟਾ ਨਸ਼ਾ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸੱਤਾ ਹਾਸਲ ਕਰਨ ਤੋਂ ਬਾਅਦ ਨਸ਼ੇ ਨੂੰ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਨੇ ਦੇਸ਼ ਵਿੱਚੋਂ ਅੱਤਵਾਦ ਅਤੇ ਨਕਸਲਵਾਦ ਨੂੰ ਨੇਸਤਨਾਬੂਦ ਕਰ ਦਿੱਤਾ ਹੈ ਤਾਂ ਨਸ਼ਾ ਖ਼ਤਮ ਕਰਨਾ ਤਾਂ ਬਹੁਤ ਛੋਟੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਵੱਖਰਾ ਸੁਸ਼ਾਸਨ ਮੁਹੱਈਆ ਕਰਵਾਏਗੀ।
ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਨੇ ਦਿੱਲੀ ਦੀ ਸੱਤਾ ਦੌਰਾਨ ਹਜ਼ਾਰਾਂ ਕਰੋੜ ਰੁਪਏ ਦੇ ਘਪਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਕੇਜਰੀਵਾਲ ਨੂੰ ‘ਸ਼ੀਸ਼ ਮਹਿਲ’ ਤੋਂ ਬਾਹਰ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਵਿੱਚ ‘ਸ਼ੀਸ਼ ਮਹਿਲ’ ਬਣਾ ਲਿਆ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪਹਿਲਾਂ ਦਿੱਲੀ ਦੇ ਪੈਸੇ ਦੀ ਦੁਰਵਰਤੋਂ ਕੀਤੀ ਗਈ ਅਤੇ ਹੁਣ ਪੰਜਾਬ ਦੇ ਪੈਸੇ ਦੀ ਵਰਤੋਂ ਦੇਸ਼ ਦੀ ਰਾਜਨੀਤੀ ਵਿੱਚ ਕੀਤੀ ਜਾ ਰਹੀ ਹੈ।
ਭਾਜਪਾ ਆਗੂਆਂ ਨੇ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਵਿਅਕਤੀ ਖੁਦ ਨਸ਼ਾ ਕਰਦਾ ਹੈ, ਉਹ ਪੰਜਾਬ ਨੂੰ ਨਸ਼ਾ ਮੁਕਤ ਕਿਵੇਂ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀਆਂ ਮਾਵਾਂ ਨਰਕ ਭੋਗ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ, ਜੋ ਭਾਜਪਾ ਹੀ ਮੁਹੱਈਆ ਕਰਵਾ ਸਕਦੀ ਹੈ ਅਤੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰੇਗੀ।
ਇਸ ਦੌਰਾਨ ਨਸ਼ਾ ਮੁਕਤ ਪੰਜਾਬ ਯਾਤਰਾ ਜਦੋਂ ਸਮਰਾਲਾ ਪਹੁੰਚੀ ਤਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਯਾਤਰਾ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਨਸ਼ਾ ਇੱਕ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਸ ’ਤੇ ਰਾਜਨੀਤੀ ਕਰਨ ਦੀ ਬਜਾਏ ਸਾਂਝੇ ਤੌਰ ’ਤੇ ਨਸ਼ਾ ਖ਼ਤਮ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਗੁਜਰਾਤ ਅਤੇ ਰਾਜਸਥਾਨ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਫਿਰ ਇਨ੍ਹਾਂ ਰਾਜਾਂ ਵਿੱਚ ਨਸ਼ਾ ਖ਼ਤਮ ਕਿਉਂ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨਸ਼ੇ ਦੇ ਮੁੱਦੇ ਨੂੰ ਲੈ ਕੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਰਾਜਨੀਤੀ ਰਾਹੀਂ ਪੰਜਾਬ ਦੀ ਨੌਜਵਾਨ ਸ਼ਕਤੀ ਨੂੰ ਬਦਨਾਮ ਕਰਨਾ ਚਾਹੁੰਦੀ ਹੈ।
ਫੋਟੋ :-


