ਸਮਰਾਲਾ, 7 ਅਕਤੂਬਰ (ਸੁਰਜੀਤ ਸਿੰਘ) ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਖੰਨਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਥਾਨਕ ਸੈਂਟਿਨਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਮੈਡਲ ਜਿੱਤ ਕੇ ਆਪਣੀ ਸ਼ਾਨਦਾਰ ਕਾਰਗੁਜਾਰੀ ਦਾ ਪ੍ਰਦਰਸ਼ਨ ਕੀਤਾ ਹੈ।ਅੰਡਰ-19 ਵਰਗ ਵਿੱਚ ਸਕੂਲ ਦੇ ਵਿਦਿਆਰਥੀ ਧਨਪ੍ਰੀਤ ਸਿੰਘ ਨੇ 4×100 ਮੀਟਰ ਰਿਲੇਅ ਰੇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ।ਇਸੇ ਵਰਗ ਵਿੱਚ ਕਿਰਨਪ੍ਰੀਤ ਕੌਰ, ਜਮਾਤ ਗਿਆਰ੍ਹਵੀਂ ਨੇ ਲੌਂਗ ਜੰਪ ਅਤੇ ਟ੍ਰਿਪਲ ਜੰਪ ਦੇ ਮੁਕਾਬਲਿਆਂ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਅੰਡਰ-17 ਵਰਗ ਵਿੱਚ ਗੁਰਮਨ ਕੌਰ, ਜਮਾਤ ਨੌਵੀਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਰੇਸ ਵਿੱਚ ਸਿਲਵਰ ਮੈਡਲ ਅਤੇ 4×100 ਮੀਟਰ ਰਿਲੇਅ ਰੇਸ ਵਿੱਚ ਬਰੌਂਜ਼ ਮੈਡਲ ਆਪਣੇ ਨਾਮ ਕੀਤੇ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਪ੍ਰਬੰਧਕਾਂ ਅਤੇ ਪਿ੍ਰੰਸੀਪਲ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਬਿਹਤਰ ਮੌਕੇ ਪ੍ਰਦਾਨ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆ ਪ੍ਰਾਪਤੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਹੋਰਨਾਂ ਲਈ ਵੀ ਪ੍ਰੇਰਣਾ ਬਣਦੀਆਂ ਹਨ।
ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਜੇਤੂ ਖਿਡਾਰੀਆਂ, ਕੋਚਿੰਗ ਸਟਾਫ਼ ਅਤੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।






